ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਨੇ ਸ਼ਰਧਾ-ਭਾਵਨਾ ਨਾਲ ਮੱਥਾ ਟੇਕਿਆ

Oct 04 2018 01:48 PM

ਅੰਮ੍ਰਿਤਸਰ ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਨੇ ਸ਼ਰਧਾ-ਭਾਵਨਾ ਨਾਲ ਮੱਥਾ ਟੇਕਿਆ। ਉਨ•ਾਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਤੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਪੰਗਤ 'ਚ ਬੈਠ ਕੇ ਪ੍ਰਸ਼ਾਦਾ ਵੀ ਛਕਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਐਂਟੋਨੀਓ ਗੁਟਰੇਸ ਨੂੰ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਪਤਾਸਿਆਂ ਦਾ ਪ੍ਰਸ਼ਾਦ ਦਿੱਤਾ। ਇਸੇ ਦੌਰਾਨ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਗਏ। ਪਰਿਕਰਮਾ ਕਰਦਿਆਂ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਇਥੇ ਸਥਿਤ ਪਾਵਨ ਅਸਥਾਨਾਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਉਨ•ਾਂ ਐਂਟੋਨੀਓ ਗੁਟਰੇਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ 1984 'ਚ ਉਸ ਸਮੇਂ ਦੀ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਬਾਰੇ ਵੀ ਜਾਣਕਾਰੀ ਦਿੱਤੀ।  ਇਸ ਉਪਰੰਤ ਉਨ•ਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਪ੍ਰਧਾਨ ਲੌਂਗੋਵਾਲ ਤੇ ਹੋਰਨਾਂ ਨੇ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਮੈਂਬਰ ਬੀਬੀ ਕਿਰਨਜੋਤ ਕੌਰ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਪੰਜਾਬ ਦੇ ਖ਼ਜ਼ਾਨਾ ਮੰਤਰੀ  ਮਨਪ੍ਰੀਤ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ  ਦਿਲਜੀਤ ਸਿੰਘ ਬੇਦੀ ਤੇ ਹੋਰ ਮੌਜੂਦ ਸਨ।

  • Topics :

Related News