30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਸਰਬਸੰਮਤੀ ਨਾਲ ਪੰਚਾਂ-ਸਰਪੰਚਾਂ ਦੀ ਚੋਣ ਕੀਤੀ ਜਾਵੇ

Dec 18 2018 03:21 PM

ਅੰਮ੍ਰਿਤਸਰ:

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਸਰਬਸੰਮਤੀ ਨਾਲ ਪੰਚਾਂ-ਸਰਪੰਚਾਂ ਦੀ ਚੋਣ ਕੀਤੀ ਜਾਵੇ। ਇਸ ਦੌਰਾਨ ਨਸ਼ੇ ਨਾ ਵੰਡੇ ਜਾਣ ਤੇ ਝਗੜਿਆਂ ਤੋਂ ਬਚਿਆ ਜਾਵੇ। ਇਹ ਹੀ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਅਤੇ ਸਤਿਕਾਰ ਹੋਵੇਗਾ। ਸੋਮਵਾਰ ਨੂੰ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੂੰ 30 ਦਸੰਬਰ ਨੂੰ ਪੰਚਾਇਤੀ ਚੋਣਾਂ ਨਾ ਕਰਵਾਉਣ ਲਈ ਆਖਿਆ ਸੀ। ਦਸੰਬਰ ਦਾ ਇਹ ਪੰਦਰਵਾੜਾ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਹੁੰਦਾ ਹੈ, ਪਰ ਸਰਕਾਰ ਨੇ ਇਸ ਮਾਮਲੇ ਵਿਚ ਗ਼ਲਤੀ ਕੀਤੀ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਪੰਚਾਇਤੀ ਚੋਣਾਂ ਵਿਚ ਪੰਚਾਂ ਤੇ ਸਰਪੰਚਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਸਮੂਹ ਪੰਜਾਬੀਆਂ ਵਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਇਹ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਨੇ ਸਮੂਹ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਵੀ ਕਿਹਾ ਕਿ ਇਸ ਮੌਕੇ ਫਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀਆਂ ਸਿਆਸੀ ਕਾਨਫਰੰਸਾਂ ਵਿਚ ਵੀ ਇੱਕ-ਦੂਜੇ ਖ਼ਿਲਾਫ਼ ਦੂਸ਼ਣਬਾਜ਼ੀ ਤੇ ਨਿੱਜੀ ਤੋਹਮਤਬਾਜ਼ੀ ਤੋਂ ਗੁਰੇਜ਼ ਕੀਤਾ ਜਾਵੇ।

  • Topics :

Related News