ਕੌਮੀ ਪੱਧਰ ਦਾ ਮੱਝਾਂ ਦਾ ਖੋਜ ਕੇਂਦਰ ਸਥਾਪਿਤ ਕਰੇਗੀ ਪੰਜਾਬ ਸਰਕਾਰ

Jun 15 2018 03:29 PM
ਕੌਮੀ ਪੱਧਰ ਦਾ ਮੱਝਾਂ ਦਾ ਖੋਜ ਕੇਂਦਰ ਸਥਾਪਿਤ ਕਰੇਗੀ ਪੰਜਾਬ ਸਰਕਾਰ


ਚੰਡੀਗੜ•
ਪਸ਼ੂ ਪਾਲਣ ਅਤੇ ਡੇਅਰੀ ਦੇ ਸਹਾਇਕ ਧੰਦੇ ਪ੍ਰਤੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਛੇਤੀ ਹੀ ਤਰਨਤਾਰਨ ਜ਼ਿਲੇ ਦੇ ਬੂਹ ਪਿੰਡ ਵਿਖੇ ਕੌਮੀ ਪੱਧਰ ਦਾ ਮੱਝਾਂ ਦਾ ਖੋਜ ਕੇਂਦਰ ਸਥਾਪਿਤ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਹਿਲੇ ਬਜਟ ਵਿਚ ਪੱਟੀ ਵਿਖੇ ਅਜਿਹਾ ਮੱਝਾਂ ਦਾ ਖੋਜ ਕੇਂਦਰ ਸਥਾਪਿਤ ਕਰਨ ਲਈ 20 ਕਰੋੜ ਰੁਪਏ ਰਾਖਵੇਂ ਰੱਖੇ ਗਏ ਸਨ। ਇਸ ਖੋਜ ਕੇਂਦਰ ਨੂੰ ਸਥਾਪਿਤ ਕਰਨ ਲਈ ਅੱਜ ਤਰਨਤਾਰਨ ਜ਼ਿਲੇ ਨਾਲ ਸਬੰਧਤ ਵਿਧਾਇਕਾਂ ਦੀ ਹਾਜ਼ਰੀ ਵਿਚ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਵਿਭਾਗ ਦੇ ਵਧੀਕ ਮੁੱਖ ਸਕੱਤਰ ਡਾ. ਵੀ. ਵਜਰਾਲਿੰਗਮ ਅਤੇ ਗੂਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਐੱਚ.ਐੱਸ. ਨੰਦਾ ਵੀ ਸ਼ਾਮਲ ਸਨ। ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ ਕਿ ਪਸ਼ੂ ਪਾਲਣ ਵਿਭਾਗ ਵਲੋਂ ਤਰਨਤਾਰਨ ਜ਼ਿਲੇ ਦੇ ਪਿੰਡ ਬੂਹ ਵਿਖੇ ਮੱਝਾਂ ਦਾ ਖੋਜ ਕੇਂਦਰ ਸਥਾਪਿਤ ਕੀਤਾ ਜਾਵੇਗਾ। ਇਹ ਕੇਂਦਰ ਗੂਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਅਧੀਨ ਹੋਵੇਗਾ। ਮੀਟਿੰਗ ਦੌਰਾਨ ਇਹ ਫੈਸਲਾ ਵੀ ਲਿਆ ਗਿਆ ਕਿ ਇਸ ਕੇਂਦਰ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਅਤੇ ਕੌਮੀ ਪੱਧਰ 'ਤੇ ਸਫਲ ਕਰਨ ਲਈ ਪੰਜਾਬ ਸਰਕਾਰ ਵਲੋਂ 5 ਤੋਂ 10 ਏਕੜ ਤੱਕ ਦੀ ਵਾਧੂ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ। ਇਸ ਜ਼ਮੀਨ 'ਤੇ ਚਾਰੇ ਦੀ ਬੀਜਾਈ ਦੀ ਨਾਲ-ਨਾਲ ਕਿਸਾਨਾਂ ਨੂੰ ਨਵੀਨਤਮ ਤਕਨੀਕਾਂ ਦੀ ਜਾਣਕਾਰੀ ਦੇਣ ਲਈ 'ਡਿਮਾਂਸਟ੍ਰੇਸ਼ਨ ਫਾਰਮ' ਸਥਾਪਿਤ ਕੀਤਾ ਜਾਵੇਗਾ। 

© 2016 News Track Live - ALL RIGHTS RESERVED