ਪਰਾਲੀ ਦੀ ਖੇਤਾਂ ਵਿੱਚ ਸਾਂਭ ਸੰਭਾਲ ਸਕੀਮ ਤਹਿਤ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਦਾ ਪ੍ਰਦਰਸ਼ਨੀ ਪਲਾਟ ਲਗਾਇਆ

Nov 02 2018 03:38 PM
ਪਰਾਲੀ ਦੀ ਖੇਤਾਂ ਵਿੱਚ ਸਾਂਭ ਸੰਭਾਲ ਸਕੀਮ ਤਹਿਤ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਦਾ ਪ੍ਰਦਰਸ਼ਨੀ ਪਲਾਟ ਲਗਾਇਆ


ਪਠਾਨਕੋਟ
ਮਾਨਯੋਗ ਨੈਸ਼ਨਲ ਗ੍ਰੀਨ ਟਿ੍ਿਰਬਊਨਲ ਵੱਲੋਂ ਦੇਸ਼ ਭਰ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੁੱਲੇ ਵਿੱਚ ਸਾੜਣ ਤੇ ਲਗਾਈ ਪਾਬੰਦੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਸੰਭਾਲ ਕੇ ਕਣਕ ਦੀ ਦੀ ਬਿਜਾਈ ਕਰਨ ਬਾਰੇ ਜਾਗਰੁਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਨੌਸ਼ਹਿਰਾ ਨਲਬੰਦਾ ਵਿਖੇ ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਦੇ ਖੇਤਾਂ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਪ੍ਰਦਰਸ਼ਨੀ ਪਲਾਟ ਲਗਾਇਆ ਗਿਆ। ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲਗਾਏ ਪ੍ਰਦਰਸ਼ਨੀ ਪਲਾਟ ਮੌਕੇ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਤੋਂ ਇਲਾਵਾ ਗੌਰਵ ਕੁਮਾਰ ਝਲੋਆ, ਬਲਵਿੰਦਰ ਸਿੰਘ, ਰਘਬੀਰ ਸਿੰਘ ਸਮੇਤ ਕਈ ਕਿਸਾਨ ਹਾਜ਼ਰ ਸਨ ।
  ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ ਅਮਰੀਕ ਸਿੰਘ ਨੇ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਕ ਏਕੜ ਝੋਨੇ ਦੀ ਫਸਲ ਤੋਂ ਤਕਰੀਬਨ 2 ਟਨ ਪਰਾਲੀ ਪੈਦਾ ਹੁੰਦੀ ਹੈ ਅਤੇ ਇੱਕ ਟਨ ਪਰਾਲੀ ਸਾੜਣ ਨਾਲ 400 ਕਿਲੋ ਜੈਵਿਕ ਕਾਰਬਨ, 5.5 ਕਿਲੋ ਨਾਈਟਰੋਜਨ, 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼ ਅਤੇ 1.2 ਕਿਲੋ ਸਲਫਰ ਦਾ ਨੁਕਸਾਨ ਹੁੰਦਾ ਹੈ। ਉਨਾਂ ਕਿਹਾ ਕਿ ਝੋਨੇ ਨੂੰ ਸਾੜਣ ਜਾਂ ਖੇਤਾਂ ਵਿੱਚੋਂ ਹਟਾਉਣ ਨਾਲ ਵੱਡੀ ਮਾਤਰਾ ਵਿੱਚ ਖੁਰਾਕੀ ਤੱਤਾਂ ਦਾ ਨੁਕਸਾਨ ਹੁੰਦਾ ਅਤੇ ਮਿੱਟੀ ਦੀ ਸਿਹਤ ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚੋਂ ਹਟਾਏ ਬਗੈਰ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਨਾਲ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ ।ਉਨਾਂ ਕਿਹਾ ਕਿ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਤੇ ਨਦੀਨਨਾਸ਼ਕ ਰਸਾਇਣਾਂ ਦੀ ਵਰਤੋਂ ਵੀ ਘੱਟ ਹੁੰਦੀ ਹੈ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿ ਜਿਸ ਤਰਾਂ ਪਿਛਲੇ ਸਾਲਾਂ ਦੌਰਾਨ ਪਠਾਨਕੋਟ ਜ਼ਿਲੇ ਨੂੰ ਧੂੰਆ ਮੁਕਤ ਰੱਖਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਜ਼ਿਲਾ ਪ੍ਰਸ਼ਾਸ਼ਣ ਨੂੰ ਸਹਿਯੋਗ ਦਿੱਤਾ ਸੀ ਉਸੇ ਤਰਾਂ ਇਸ ਵਾਰ ਵੀ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਜ਼ਿਲੇ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਵਿੱਚ ਸਹਿਯੋਗ ਕਰਨ।ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਝੋਨੇ - ਕਣਕ ਦੇ ਫਸਲੀ ਚੱਕਰ ਕਾਰਨ ਜ਼ਮੀਨ ਦੀ ਸਿਹਤ ਵਿੱਚ ਲਗਾਤਾਰ ਨਿਗਾਰ ਆ ਰਿਹਾ ਹੈ। ਉਨਾ ਕਿਹਾ ਕਿ ਜ਼ਮੀਨ ਦੀ ਸਿਹਤ ਸੁਧਾਰਨ ਲਈ ਜ਼ਰੂਰੀ ਹੈ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਵੀ ਮਿਲਾਇਆ ਜਾਵੇ।ਉਨਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਤੋਂ ਪ੍ਰਭਾਵਤ ਹੋ ਕੇ ਇਸ ਵਾਰ ਚਾਰ ਏਕੜ ਵਿੱਚ ਕਣਕ ਦੀ ਬਿਜਾਈ ਕੀਤੀ ਜਾ ਰਹੀ ਹੈ।

© 2016 News Track Live - ALL RIGHTS RESERVED