ਬਾਦਲ ਪਿਉ-ਪੁੱਤ ਵੀ ਮਾਮਲੇ ਵਿੱਚ ਫਸਦੇ ਨਜ਼ਰ ਆ ਰਹੇ

Jun 17 2019 03:52 PM
ਬਾਦਲ ਪਿਉ-ਪੁੱਤ ਵੀ ਮਾਮਲੇ ਵਿੱਚ ਫਸਦੇ ਨਜ਼ਰ ਆ ਰਹੇ

ਚੰਡੀਗੜ੍ਹ:

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸ਼੍ਰੀ ਅਕਾਲ ਤਖਤ ਤੋਂ ਮਾਫੀ ਦੇ ਮਾਮਲੇ ਨੇ ਇੱਕ ਵਾਰ ਫਿਰ ਤੂਲ ਫੜ ਲਈ ਹੈ। ਇਸ ਵਾਰ ਬਾਦਲ ਪਿਉ-ਪੁੱਤ ਵੀ ਇਸ ਮਾਮਲੇ ਵਿੱਚ ਫਸਦੇ ਨਜ਼ਰ ਆ ਰਹੇ ਹਨ। ਦਰਅਸਲ 2015 ਵਿੱਚ ਬਹਿਬਲ ਕਲਾਂ ਤੇ ਕੋਟਕਪੁਰਾ ਗੋਲ਼ੀਕਾਂਡ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ SIT ਦੀ ਚਾਰਜਸ਼ੀਟ ਵਿੱਚ ਵੱਡਾ ਖੁਲਾਸਾ ਹੋਇਆ ਹੈ। ਇਸ ਚਾਰਜਸ਼ੀਟ ਵਿੱਚ ਸ਼ਾਮਲ ਸ੍ਰੀ ਪਟਨਾ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਇਕਬਾਲ ਸਿੰਘ ਖ਼ਾਲਸਾ ਦੇ ਪੱਤਰ ਵਿੱਚ ਇਹ ਦਾਅਵਾ ਕੀਤਾ ਗਿਆ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬਾਣਾ ਧਾਰਨ ਕਰਨ ਦੇ ਮਾਮਲੇ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੇ ਪੁੱਤਰ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਦਬਾਅ ਹੇਠ ਮੁਆਫ਼ੀ ਦਿੱਤੀ ਗਈ ਸੀ।
SIT ਗੋਲ਼ੀਕਾਂਡ ਦੀਆਂ ਘਟਨਾਵਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਾਮ ਰਹੀਮ ਨੂੰ ਮਿਲੀ ਮੁਆਫ਼ੀ ਨਾਲ ਜੋੜ ਰਹੀ ਹੈ। ਜਾਂਚ ਟੀਮ ਵੱਲੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਅੰਦਰ ਬੰਦ ਡੇਰਾ ਮੁਖੀ ਕੋਲੋਂ ਪੁੱਛਗਿੱਛ ਕਰਨ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ। SIT ਨੇ ਫਰੀਦਕੋਟ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕੀਤੀ ਹੈ। ਇਸ ਵਿੱਚ ਗਿਆਨੀ ਇਕਬਾਲ ਸਿੰਘ ਦੇ ਇੱਕ ਪੱਤਰ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਜੋ ਗਿਆਨੀ ਇਕਬਾਲ ਸਿੰਘ ਨੇ SIT ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਨੂੰ ਲਿਖਿਆ ਸੀ। ਇਸ ਵਿੱਚ ਉਨ੍ਹਾਂ 24 ਸਤੰਬਰ, 2015 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਡੇਰਾ ਮੁਖੀ ਨੂੰ ਮਾਫੀ ਦੇਣ ਦਾ ਪੂਰਾ ਮਾਮਲਾ ਉਜਾਗਰ ਕੀਤਾ ਹੈ।

ਚਾਰਜਸ਼ੀਟ ਵਿੱਚ ਸ਼ਾਮਲ ਇਸ ਸੱਤ ਪੇਜਾਂ ਦੀ ਚਿੱਠੀ ਵਿੱਚ ਗਿਆਨੀ ਇਕਬਾਲ ਸਿੰਘ ਨੇ ਲਿਖਿਆ ਹੈ ਕਿ 23 ਸਤੰਬਰ, 2015 ਨੂੰ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਸੱਦੇ 'ਤੇ ਅੰਮ੍ਰਿਤਸਰ ਪੁੱਜੇ ਸੀ। ਉਨ੍ਹਾਂ ਨੂੰ ਬੈਠਕ ਦਾ ਵਿਸ਼ਾ ਨਹੀਂ ਦੱਸਿਆ ਗਿਆ ਸੀ। ਜਦੋਂ ਉਨ੍ਹਾਂ ਨੂੰ ਬੈਠਕ ਦਾ ਵਿਸ਼ਾ ਪਤਾ ਲੱਗਾ ਤਾਂ ਉਨ੍ਹਾਂ ਡੇਰਾ ਮੁਖੀ ਨੂੰ ਮਾਫੀ ਦੇਣ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਦੇ ਵਾਰ-ਵਾਰ ਵਿਰੋਧ ਕਰਨ 'ਤੇ ਗਿਆਨੀ ਗੁਰਬਚਨ ਸਿੰਘ ਨੇ ਉਨ੍ਹਾਂ ਨੂੰ ਕਿਹਾ ਕਿ ਡੇਰਾ ਮੁਖੀ ਨੂੰ ਮਾਫੀ ਦੇਣੀ ਹੀ ਪਏਗੀ ਕਿਉਂਕਿ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਇੱਛਾ ਜਤਾਈ ਹੈ।
ਚਿੱਠੀ ਵਿੱਚ ਗਿਆਨੀ ਇਕਬਾਲ ਸਿੰਘ ਨੇ ਦਾਅਵਾ ਕੀਤਾ ਕਿ ਜਦੋਂ ਉਨ੍ਹਾਂ ਮਾਫੀਨਾਮੇ ਲਈ ਡੇਰਾ ਮੁਖੀ ਦੀ ਚਿੱਠੀ ਮੰਗੀ ਤਾਂ ਉਸ ਵਿੱਚ ਮਾਫੀ ਵਰਗੀ ਕੋਈ ਗੱਲ ਨਹੀਂ ਸੀ ਤੇ ਇਸ ਗੱਲ ਦਾ ਵੀ ਉਨ੍ਹਾਂ ਵਿਰੋਧ ਕੀਤਾ ਸੀ। ਉਨ੍ਹਾਂ ਦੇ ਵਿਰੋਧ ਕਰਨ ਬਾਅਦ ਚਿੱਠੀ ਵਿੱਚ ਖ਼ੁਦ ਹੀ 'ਖਿਮਾ ਯਾਚਨਾ' ਸ਼ਬਦ ਜੋੜਿਆ ਗਿਆ ਸੀ ਤੇ ਧਮਕੀਆਂ ਦਿੰਦਿਆਂ ਹੋਇਆਂ ਜ਼ਬਰਦਸਤੀ ਉਨ੍ਹਾਂ ਕੋਲੋਂ ਦਸਤਖ਼ਤ ਕਰਵਾਏ ਗਏ। ਉਨ੍ਹਾਂ ਚਿੱਠੀ ਵਿੱਚ ਇਹ ਵੀ ਲਿਖਿਆ ਹੈ ਕਿ ਮਾਫੀਨਾਮੇ ਨੂੰ ਲੈ ਕੇ ਬੈਠਕ ਵਿੱਚ ਗਿਆਨੀ ਗੁਰਬਚਨ ਸਿੰਘ ਤੇ ਗਿਆਨੀ ਗੁਰਮੁਖ ਸਿੰਘ ਨੂੰ ਵਾਰ-ਵਾਰ ਸੁਖਬੀਰ ਬਾਦਲ ਦਾ ਫੋਨ ਆ ਰਿਹਾ ਸੀ।
ਗਿਆਨੀ ਇਕਬਾਲ ਸਿੰਘ ਨੇ ਇਹ ਤਕ ਇਲਜ਼ਾਮ ਲਾਇਆ ਕਿ ਡੇਰਾ ਮੁਖੀ ਨੂੰ ਮਾਫੀ ਦੇਣ ਦੇ ਫੈਸਲੇ ਵਿੱਚ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੇ ਇਲਾਵਾ ਪਾਰਟੀ ਦੇ ਜਨਰਲ ਸਕੱਤਰ ਦਲਜੀਤ ਸਿੰਘ ਚੀਮਾ ਦੀ ਵੀ ਅਹਿਮ ਭੂਮਿਕਾ ਰਹੀ। ਗਿਆਨੀ ਇਕਬਾਲ ਸਿੰਘ ਨੂੰ ਇਹ ਵੀ ਪਤਾ ਲੱਗਾ ਸੀ ਕਿ ਰਾਮ ਰਹੀਮ ਨੂੰ ਮਾਫੀ ਦੇਣ ਤੋਂ ਪਹਿਲਾਂ ਗਿਆਨੀ ਗੁਰਬਚਨ ਸਿੰਘ, ਗਿਆਨੀ ਗੁਰਮੁਖ ਸਿੰਘ ਤੇ ਗਿਆਨੀ ਮਲ ਸਿੰਘ ਨੂੰ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਰਕਾਰੀ ਨਿਵਾਸ ਬੁਲਾਇਆ ਗਿਆ ਸੀ।

© 2016 News Track Live - ALL RIGHTS RESERVED