ਆਮ ਆਦਮੀ ਪਾਰਟੀ ਦੇ ਅਸਤੀਫਾ ਦੇ ਚੁੱਕੇ ਵਿਧਾਇਕਾਂ ਦਾ ਮਾਮਲਾ ਮੁੜ ਗਰਮਾ ਗਿਆ

Sep 11 2019 06:24 PM
ਆਮ ਆਦਮੀ ਪਾਰਟੀ ਦੇ ਅਸਤੀਫਾ ਦੇ ਚੁੱਕੇ ਵਿਧਾਇਕਾਂ ਦਾ ਮਾਮਲਾ ਮੁੜ ਗਰਮਾ ਗਿਆ

ਚੰਡੀਗੜ੍ਹ:

ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਦੀ ਚਰਚਾ ਮਗਰੋਂ ਆਮ ਆਦਮੀ ਪਾਰਟੀ ਦੇ ਅਸਤੀਫਾ ਦੇ ਚੁੱਕੇ ਵਿਧਾਇਕਾਂ ਦਾ ਮਾਮਲਾ ਮੁੜ ਗਰਮਾ ਗਿਆ ਹੈ। ਵਿਧਾਨ ਸਭਾ ਵੱਲੋਂ ਆਮ ਆਦਮੀ ਪਾਰਟੀ ਤੋਂ ਵੱਖ ਹੋਏ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਬਲਦੇਵ ਸਿੰਘ ਨੂੰ ਨੋਟਿਸ ਜਾਰੀ ਕਰਦਿਆਂ 30 ਸਤੰਬਰ ਤੱਕ ਜਵਾਬ ਮੰਗਿਆ ਹੈ।
ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਵੀ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਵਿਧਾਇਕਾਂ ਦੇ ਅਸਤੀਫਿਆਂ ਦਾ ਜਲਦ ਨਿਬੇੜਾ ਕਰਨ ਲਈ ਕਿਹਾ ਹੈ। ਆਮ ਆਦਮੀ ਪਾਰਟੀ ਵੀ ਇਸ ਮਾਮਲੇ 'ਤੇ ਜਲਦ ਕਾਰਵਾਈ ਦੀ ਮੰਗ ਕਰ ਚੁੱਕੀ ਹੈ ਪਰ ਸੱਤਾਧਿਰ ਕਾਂਗਰਸ ਜਾਣਬੁੱਝ ਕੇ ਇਸ ਮਾਮਲੇ ਨੂੰ ਲਟਕਾਉਂਦੀ ਆ ਰਹੀ ਹੈ।
ਵਿਧਾਨ ਸਭਾ ਵੱਲੋਂ ਵਿਧਾਇਕ ਸੁਖਪਾਲ ਖਹਿਰਾ ਤੇ ਬਲਦੇਵ ਸਿੰਘ ਨੂੰ ਨੋਟਿਸ ਜਾਰੀ ਕਰਦਿਆਂ ਪੁੱਛਿਆ ਗਿਆ ਹੈ ਕਿ ਆਖਰਕਾਰ ਦੋਵਾਂ ਵਿਧਾਇਕਾਂ ਨੂੰ ਅਯੋਗ ਕਰਾਰ ਕਿਉਂ ਨਾ ਦਿੱਤਾ ਜਾਵੇ। ਖਹਿਰਾ ਨੇ ਆਪਣੀ ਵੱਖਰੀ ਪੰਜਾਬ ਏਕਤਾ ਪਾਰਟੀ ਬਣਾ ਲਈ ਹੈ। ਵਿਧਾਇਕ ਬਲਦੇਵ ਸਿੰਘ ਨੇ ਪੰਜਾਬ ਏਕਤਾ ਪਾਰਟੀ ਦੀ ਟਿਕਟ 'ਤੇ ਲੋਕ ਸਭਾ ਚੋਣ ਲੜੀ ਸੀ।
ਦੋਵੇਂ ਵਿਧਾਇਕ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਦੀ ਚੋਣ ਲੜਨ ਤੋਂ ਬਾਅਦ ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਹਨ। ਇਸ ਤੋਂ ਬਾਅਦ ਪਾਰਟੀ ਦੇ ਲੀਡਰ ਹਰਪਾਲ ਚੀਮਾ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਚਿੱਠੀ ਲਿਖ ਕੇ ਦੋਵਾਂ ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਕੀਤੀ ਸੀ।

© 2016 News Track Live - ALL RIGHTS RESERVED