ਗਾਇਕ ਗੁਰਦਾਸ ਮਾਨ ਕਸੂਤੇ ਘਿਰ ਗਏ

Sep 23 2019 12:30 PM
ਗਾਇਕ ਗੁਰਦਾਸ ਮਾਨ ਕਸੂਤੇ ਘਿਰ ਗਏ

ਚੰਡੀਗੜ੍ਹ:

ਆਰਐਸਐਸ ਦੇ ਏਜੰਡੇ ਦੀ ਹਮਾਇਤ ਕਰਕੇ ਗਾਇਕ ਗੁਰਦਾਸ ਮਾਨ ਕਸੂਤੇ ਘਿਰ ਗਏ ਹਨ। ਆਰਐਸਐਸ ਦੇ ਏਜੰਡੇ ਮੁਤਾਬਕ ਭਾਰਤ ’ਚ ਇੱਕ ਭਾਸ਼ਾ ਹਿੰਦੀ, ਇੱਕ ਰਾਸ਼ਟਰ ਤੇ ਇੱਕ ਸੱਭਿਆਚਾਰ ਦੇ ਹੱਕ ’ਚ ਨਾਅਰਾ ਮਾਰਨ ਮਗਰੋਂ ਗੁਰਦਾਸ ਮਾਨ ਦੀ ਅਲੋਚਨਾ ਹੋ ਰਹੀ ਹੈ। ਬੇਸ਼ੱਕ ਕੁਝ ਵਰਗ ਉਨ੍ਹਾਂ ਦਾ ਬਚਾਅ ਕਰ ਰਹੇ ਹਨ ਪਰ ਸਾਹਿਤਕ ਤੇ ਸਿੱਖ ਜਥੇਬੰਦੀਆਂ ਉਨ੍ਹਾਂ ਦੇ ਖਿਲਾਫ ਡਟ ਗਏ ਹਨ।
ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਪ੍ਰਧਾਨ ਡਾ. ਤੇਜਵੰਤ ਮਾਨ ਨੇ ਕਿਹਾ ਹੈ ਕਿ ਗੁਰਦਾਸ ਮਾਨ ਨੇ ਇੱਕ ਭਾਸ਼ਾ, ਇੱਕ ਰਾਸ਼ਟਰ ਤੇ ਇੱਕ ਸੱਭਿਆਚਾਰ ਦੇ ਹੱਕ ’ਚ ਖੜ੍ਹ ਕੇ ਪੰਜਾਬ ਤੇ ਪੰਜਾਬੀ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਸਭਾ ਨੇ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਅਜਿਹੇ ਗਾਇਕਾਂ ਦੇ ਮੁਕੰਮਲ ਬਾਈਕਾਟ ਦਾ ਸੱਦਾ ਦਿੱਤਾ ਹੈ।
ਡਾ. ਤੇਜਵੰਤ ਮਾਨ ਨੇ ਕਿਹਾ ਕਿ ਜਿਸ ਵਿਅਕਤੀ ਨੇ 40 ਸਾਲ ਮਾਂ ਬੋਲੀ ਦੀ ਸੇਵਾ ਦੇ ਨਾਂ ਹੇਠ ਪੈਸਾ ਤੇ ਸ਼ੋਹਰਤ ਹਾਸਲ ਕੀਤੀ ਹੋਵੇ, ਉਸ ਵੱਲੋਂ ਆਰਐਸਐਸ ਦੇ ਹਿੰਦੂਤਵੀ ਏਜੰਡੇ-ਇੱਕ ਭਾਸ਼ਾ, ਇੱਕ ਰਾਸ਼ਟਰ ਤੇ ਇੱਕ ਸੱਭਿਆਚਾਰ ਦੀ ਵਕਾਲਤ ਕਰਕੇ ਮਾਂ ਬੋਲੀ ਪੰਜਾਬੀ ਨਾਲ ਧ੍ਰੋਹ ਕਮਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰਦਾਸ ਮਾਨ ਨੇ ਗਾਇਕੀ ਜਿਹੀ ਸੂਖ਼ਮ ਕਲਾ ਦੀ ਪਵਿੱਤਰਤਾ ਨੂੰ ਵੀ ਭੰਗ ਕਰ ਕੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਤੇ ਅਜਿਹਾ ਕਰਕੇ ਉਸ ਨੇ ਪੰਜਾਬੀ ਗਾਇਕੀ ਦੀਆਂ ਸ਼ਾਨਦਾਰ ਰਵਾਇਤਾਂ ਨੂੰ ਤੋੜਿਆ ਹੈ।
ਇਸ ਨਾਲ ਗਾਇਕ ਹੁਣ ਅਖੌਤੀ ਪੰਜਾਬੀ ਗਾਇਕਾਂ ਦੀ ਕਤਾਰ ਵਿੱਚ ਖੜ੍ਹਾ ਹੋ ਗਿਆ ਹੈ। ਡਾ. ਮਾਨ ਨੇ ਕਿਹਾ ਕਿ ਭਾਰਤ ਦੀ ਬਹੁਕੌਮੀ, ਬਹੁ-ਭਾਸ਼ਾਈ ਤੇ ਬਹੁ-ਸੱਭਿਆਚਾਰਕ ਪਛਾਣ ਨੂੰ ਖ਼ਤਮ ਕਰਨ ਵਾਲੀਆਂ ਤਾਕਤਾਂ ਦੇ ਹੱਥਾਂ ਵਿੱਚ ਖੇਡਣ ਵਾਲੇ ਗੁਰਦਾਸ ਮਾਨ ਨੇ ਕਾਫ਼ੀ ਕੁਟਿਲਤਾ ਨਾਲ ਪੰਜਾਬੀ ਭਾਸ਼ਾ ਦੇ ਹਿਤੈਸ਼ੀਆਂ ਨੂੰ ਵਿਹਲੜ ਗਰਦਾਨ ਕੇ ਆਪਣੀ ਗੁਲਾਮ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ। ਡਾ. ਤੇਜਵੰਤ ਮਾਨ ਨੇ ਕਿਹਾ ਕਿ ਗੁਰਦਾਸ ਮਾਨ ਨੂੰ ਭਾਰਤ ਦੀ ਵੰਨ-ਸੁਵੰਨਤਾ ਤੇ ਬਹੁਕੌਮੀ ਸਰੂਪ ਬਾਰੇ ਕੋਈ ਜਾਣਕਾਰੀ ਹੀ ਨਹੀਂ।

© 2016 News Track Live - ALL RIGHTS RESERVED