ਸ਼ਹੀਦ ਹੋਣ ਵਾਲੇ ਪੰਜਾਬ ਦੇ ਚਾਰ ਸੀਆਰਪੀਐਫ ਜਵਾਨਾਂ ਲਈ ਵਿਧਾਇਕਾਂ ਨੇ ਆਪਣੀ ਇੱਕ-ਇੱਕ ਮਹੀਨੇ ਦੀ ਤਨਖ਼ਾਹ ਦੇਣ ਦਾ ਐਲਾਨ

Feb 18 2019 03:53 PM
ਸ਼ਹੀਦ ਹੋਣ ਵਾਲੇ ਪੰਜਾਬ ਦੇ ਚਾਰ ਸੀਆਰਪੀਐਫ ਜਵਾਨਾਂ ਲਈ ਵਿਧਾਇਕਾਂ ਨੇ ਆਪਣੀ ਇੱਕ-ਇੱਕ ਮਹੀਨੇ ਦੀ ਤਨਖ਼ਾਹ ਦੇਣ ਦਾ ਐਲਾਨ

ਚੰਡੀਗੜ੍ਹ:

ਪੁਲਵਾਮਾ ਫਿਦਾਈਨ ਹਮਲੇ ਵਿੱਚ ਸ਼ਹੀਦ ਹੋਣ ਵਾਲੇ ਪੰਜਾਬ ਦੇ ਚਾਰ ਸੀਆਰਪੀਐਫ ਜਵਾਨਾਂ ਲਈ ਵਿਧਾਇਕਾਂ ਨੇ ਆਪਣੀ ਇੱਕ-ਇੱਕ ਮਹੀਨੇ ਦੀ ਤਨਖ਼ਾਹ ਦੇਣ ਦਾ ਐਲਾਨ ਕੀਤਾ ਹੈ। ਇਸ ਮਤੇ ਨੂੰ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
ਬਜਟ ਇਜਲਾਸ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਇਸ ਮਤੇ ਨੂੰ ਪੇਸ਼ ਕੀਤਾ। ਮਤੇ ਨੂੰ ਵਿਧਾਨ ਸਭਾ ਵਿੱਚ ਮੌਜੂਦ ਸਾਰੇ ਵਿਧਾਇਕਾਂ ਨੇ ਸਹਿਮਤੀ ਦਿੱਤੀ ਤੇ ਪਾਸ ਵੀ ਕਰ ਦਿੱਤਾ ਗਿਆ।
ਬੀਤੀ 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਕਾਫ਼ਲੇ 'ਤੇ ਫਿਦਾਈਨ ਹਮਲਾ ਹੋਇਆ ਸੀ, ਜਿਸ ਵਿੱਚ ਪੰਜਾਬ ਦੇ ਚਾਰ ਜਵਾਨ ਸ਼ਹੀਦ ਹੋ ਗਏ ਸਨ। ਸ਼ਹੀਦਾਂ ਵਿੱਚ ਜ਼ਿਲ੍ਹਾ ਮੋਗਾ ਦਾ ਜੈਮਲ ਸਿੰਘ, ਜ਼ਿਲ੍ਹਾ ਤਰਨ ਤਾਰਨ ਦਾ ਸੁਖਜਿੰਦਰ ਸਿੰਘ, ਜ਼ਿਲ੍ਹਾ ਗੁਰਦਾਸਪੁਰ ਦਾ ਮਨਿੰਦਰ ਸਿੰਘ ਤੇ ਰੂਪਨਗਰ ਦਾ ਕੁਲਵਿੰਦਰ ਸਿੰਘ ਸ਼ਾਮਲ ਹਨ।
ਸਰਕਾਰ ਨੇ ਪੰਜਾਬ ਦੇ ਇਨ੍ਹਾਂ ਚਾਰ ਸ਼ਹੀਦਾਂ ਦੇ ਵਾਰਸਾਂ ਲਈ 12-12 ਲੱਖ ਰੁਪਏ ਦੀ ਵਿੱਤੀ ਮਦਦ ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕਰ ਚੁੱਕੀ ਹੈ। ਬੀਤੇ ਕੱਲ੍ਹ ਮੁੱਖ ਮੰਤਰੀ ਨੇ ਅਨੰਦਪੁਰ ਸਾਹਿਬ ਦੇ ਪਿੰਡ ਰੌਲੀ ਦੇ ਸ਼ਹੀਦ ਕੁਲਵਿੰਦਰ ਦੇ ਬਿਰਧ ਮਾਪਿਆਂ ਲਈ 10,000 ਰੁਪਏ ਦੀ ਮਹੀਨਾਵਾਰ ਪੈਨਸ਼ਨ ਐਲਾਨੀ ਸੀ।

© 2016 News Track Live - ALL RIGHTS RESERVED