ਅਕਾਲੀ ਦਲ ਨੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਇਕੱਲੇ ਲੜਨ ਦਾ ਐਲਾਨ

Sep 27 2019 12:56 PM
ਅਕਾਲੀ ਦਲ ਨੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਇਕੱਲੇ ਲੜਨ ਦਾ ਐਲਾਨ

ਚੰਡੀਗੜ੍ਹ:

ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਵਿਚਾਲੇ ਖੜਕ ਗਈ ਹੈ। ਬੀਜੇਪੀ ਨੇ ਅਕਾਲੀ ਦਲ ਨੂੰ ਝਟਕਾ ਦਿੰਦਿਆਂ ਹਰਿਆਣਾ 'ਚ ਅਕਾਲੀ ਵਿਧਾਇਕ ਬਲਕੌਰ ਸਿੰਘ ਨੂੰ ਪੱਟ ਲਿਆ ਹੈ। ਇਸ ਦੇ ਨਾਲ ਹੀ ਅਕਾਲੀ ਦਲ ਦੀ ਮੰਗ ਮੁਤਾਬਕ ਸੀਟਾਂ ਦੇਣ ਤੋਂ ਕੋਰਾ ਇਨਕਾਰ ਕਰ ਦਿੱਤਾ ਹੈ। ਇਸ ਮਗਰੋਂ ਅਕਾਲੀ ਦਲ ਨੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਇਕੱਲੇ ਲੜਨ ਦਾ ਐਲਾਨ ਕਰ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਦਾ ਅਸਰ ਪੰਜਾਬ ਦੀ ਸਿਆਸਤ 'ਤੇ ਵੀ ਪਏਗਾ।
ਦਰਅਸਲ ਸ਼ੋਮਣੀ ਅਕਾਲੀ ਦਲ ਇਸ ਵਾਰ ਬੀਜੇਪੀ ਨਾਲ ਰਲ ਕੇ ਚੋਣ ਲੜਨਾ ਚਾਹੁੰਦਾ ਸੀ ਪਰ ਭਾਈਵਾਲ ਪਾਰਟੀ ਨੇ ਇਸ 'ਤੇ ਬਹੁਤਾ ਧਿਆਨ ਨਹੀਂ ਦਿੱਤਾ। ਇਸ ਲਈ ਅਕਾਲੀ ਦਲ ਨੇ ਵੀਰਵਾਰ ਨੂੰ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਬੁਲਾ ਕੇ ਇਕੱਲਿਆਂ ਹੀ ਚੋਣ ਲੜਨ ਦਾ ਐਲਾਨ ਕਰ ਦਿੱਤਾ। ਇਸ ਤੋਂ ਇਲਾਵਾ ਅਕਾਲੀ ਦਲ ਨੇ ਪਹਿਲੀ ਵਾਰ ਬੀਜੇਪੀ ਲਈ ਸਖਤ ਸ਼ਬਦਾਂ ਵੀ ਵਰਤੋਂ ਕਰਦਿਆਂ ਗੱਠਜੋੜ ਧਰਮ ਦੀ ਉਲੰਘਣਾ ਕਰਨ ਦਾ ਇਲਜ਼ਾਮ ਲਾਇਆ ਹੈ।
ਦਰਅਸਲ ਸ਼੍ਰੋਮਣੀ ਅਕਾਲੀ ਦਲ ਨੇ ਇਹ ਫੈਸਲਾ ਹਰਿਆਣਾ ਬੀਜੇਪੀ ਵੱਲੋਂ ਇੱਕਲੌਤੇ ਅਕਾਲੀ ਵਿਧਾਇਕ ਬਲਕੌਰ ਸਿੰਘ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕੀਤੇ ਜਾਣ ਤੋਂ ਬਾਅਦ ਨਾਰਾਜ਼ਗੀ ਵਜੋਂ ਲਿਆ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਹਰਿਆਣਾ ਵਿੱਚ ਸਿਆਸੀ ਤਾਕਤ ਦੀ ਵਰਤੋਂ ਕਰਦਿਆਂ ਬੀਜੇਪੀ ਨੇ ਅਕਾਲੀ ਵਿਧਾਇਕ ਬਲਕੌਰ ਸਿੰਘ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ। ਇਸ ਦੀ ਕੋਰ ਕਮੇਟੀ ਵੱਲ਼ੋਂ ਸਖ਼ਤ ਨਿਖੇਧੀ ਕੀਤੀ ਜਾਂਦੀ ਹੈ। ਅਕਾਲੀ ਦਲ ਨੇ ਇਸ ਕਾਰਵਾਈ ਨੂੰ ਗੱਠਜੋੜ ਧਰਮ ਦੇ ਸਿਧਾਂਤ ਦੇ ਖਿਲਾਫ਼ ਕਰਾਰ ਦਿੱਤਾ ਹੈ।
ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਬੀਜੇਪੀ ਨੇ ਨਾ ਸਿਰਫ਼ ਅਕਾਲੀ ਦਲ ਨਾਲ ਵਿਸ਼ਵਾਸਘਾਤ ਕੀਤਾ ਹੈ, ਸਗੋਂ ਹਰਿਆਣਾ ਵਿਧਾਨ ਸਭਾ ਚੋਣਾਂ ਸਬੰਧੀ ਅਕਾਲੀ ਦਲ ਨਾਲ ਕੀਤੇ ਵਾਅਦੇ ਤੋਂ ਵੀ ਮੁੱਕਰ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਬੀਜੇਪੀ ਨਾਲ ਲੰਮੇ ਸਮੇਂ ਤੋਂ ਚੱਲ ਰਿਹਾ ਪੁਰਾਣਾ ਰਿਸ਼ਤਾ ਹੈ। ਇਸ ਤਹਿਤ ਉਨ੍ਹਾਂ ਨੇ ਕਈ ਚੋਣਾਂ ਬੀਜੇਪੀ ਨਾਲ ਰਲ ਕੇ ਲੜੀਆਂ ਹਨ।
ਹਾਲ ਹੀ ਵਿੱਚ ਹੋਈਆਂ ਸੰਸਦ ਚੋਣਾਂ ਵਿੱਚ ਭਾਜਪਾ ਨੂੰ ਬਿਨਾਂ ਸ਼ਰਤ ਸਮਰਥਨ ਦਿੱਤਾ ਹੈ ਪਰ ਹਰਿਆਣਾ ਵਿਧਾਨ ਸਭਾ ਚੋਣਾਂ ਵੇਲੇ ਬੀਜੇਪੀ ਨੇ ਅਕਾਲੀ ਦਲ ਦੀ ਚਟਾਨ ਵਰਗੀ ਹਮਾਇਤ ਨੂੰ ਨਜ਼ਰ ਅੰਦਾਜ਼ ਕਰ ਦਿੱਤਾ ਹੈ।

© 2016 News Track Live - ALL RIGHTS RESERVED