ਮਿਸ਼ਨ ਤੰਦਰੁਸਤ ਪੰਜਾਬ ਤਹਿਤ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਕਿਸਾਨ ਜਾਗਰੁਕਤਾ ਕੈਂਪ

Oct 10 2019 06:18 PM
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਕਿਸਾਨ ਜਾਗਰੁਕਤਾ ਕੈਂਪ

 

ਪਠਾਨਕੋਟ

ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਧੰਨ-ਧੰਨ ਗੂਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ ਦੇ ਪਿੰਡ ਬਨੀਲੋਧੀ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕਰਨ ਲਈ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਡਾ ਹਰਿੰਦਰ ਸਿੰਘ ਬੈਂਸ  ਖੇਤੀਬਾੜੀ ਅਫਸਰ (ਸਮ) ਨੇ ਕੀਤੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ ਅਮਰੀਕ ਸਿੰਘ ਭੌਂ ਪਰਖ ਅਫਸਰ ਪਠਾਨਕੋਟ, ਡਾ ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਅਰਮਾਨ ਮਹਾਜਨ ਸਹਾਇਕ ਟੈਕਨਾਲੋਜੀ ਪ੍ਰਬੰਧਕ (ਆਤਮਾ), ਅੰਸ਼ੁਮਨ ਸ਼ਰਮਾ ਖੇਤੀਬਾੜੀ ਉਪ ਨਿਰੀਖਕ, ਸੁਭਾਸ਼ ਚੰਦਰ, ਸੰਜੂ ਠਾਕੁਰ, ਪਠਾਨੀਆ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
         ਇਸ ਮੌਕੇ ਡਾ ਅਮਰੀਕ ਸਿੰਘ ਨੇ ਕਿਸਾਨਾਂ ਨੂੰ ਜਾਗਰੁਕ ਕਰਦਿਆਂ ਕਿਹਾ ਕਿ ਗੁਰੁ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਮਨੁੱਖੀ ਅਤੇ ਵਾਤਾਵਰਣ ਪੱਖੀ ਹਨ ਅਤੇ ਉਨਾਂ ਦੇ ਮਹਾਂ ਵਾਕ “ਪਵਣ ਗੁਰੁ ਪਾਣੀ ਪਿਤਾ ਮਾਤਾ ਧਰਤਿ ਮਹਤੁ” ਅਨੁਸਾਰ ਹਵਾ,ਪਾਣੀ ਅਤੇ ਮਿੱਟੀ ਦੀ ਸੰਭਾਲ ਮਨੁੱਖਤਾ ਦੇ ਭਲੇ ਲਈ ਅਤਿ ਜ਼ਰੂਰੀ ਹੈ। ਉਨਾ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਨਾਲ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ‘ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ, ਪਸ਼ੂਆਂ  ਦੀ ਸਿਹਤ ਅਤੇ ਚੌਗਿਰਦੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਉਨਾਂ ਕਿਹਾ ਕਿ 15 ਨਵੰਬਰ ਤੋਂ ਬਾਅਦ ਤਾਪਮਾਨ ਵਿੱਚ ਕਮੀ ਹੋਣ ਕਾਰਨ ਪ੍ਰਦੂਸ਼ਣ ਦੀ ਸਮੱਸਿਆ ਵਧ ਜਾਂਦੀ ਹੈ ਜੋ 6 ਸਾਲ ਤੱਕ ਦੇ ਬੱਚਿਆਂ ਦੀ ਸਿਹਤ ਲਈ ਬਹੁਤ ਖਤਰਨਾਕ ਹੁੰਦਾ ਹੈ। ਉਨਾਂ ਕਿਹਾ ਕਿ ਕਣਕ ਦੀ ਬਿਜਾਈ ਖੇਤ ਨੂੰ ਬਗੈਰ ਵਾਹੇ ਹੈਪੀ ਸੀਡਰ ਨਾਲ ਕਰਨ ਨਾਲ ਖੇਤੀ ਲਾਗਤ ਖਰਚੇ ਘੱਟ ਕਰਨ ਵਿੱਚ ਮਦਦ ਮਿਲਦੀ ਹੈ। ਉਨਾਂ ਕਿਹਾ ਕਿ ਮਿੱਟੀ ਸਿਹਤ ਕਾਰਡ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਫਸਲਾਂ ਤੋਂ ਵਧੇਰੇ ਪੈਦਾਵਾਰ ਲੈਣ ਲਈ ਮਿੱਟੀ ਸਿਹਤ ਕਾਰਡ ਦੇ ਆਧਾਰਤ ਸਿਫਾਰਸ਼ਾਂ ਮੁਤਾਬਕ ਹੀ ਰਸਾਇਣਕ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਝੋਨੇ ਦੇ ਮੰਡੀਕਰਨ ਸਮੇਂ ਪੇਸ਼ ਆਉਂਦੀਆਂ ਸਮੱਸਿਆਵਾਂ ਤੋਂ ਬਚਣ ਲਈ ਕੰਬਾਈਨ ਨਾਲ ਝੋਨੇ ਦੀ ਕਟਾਈ ਸ਼ਾਮ 7 ਵਜੇ ਤੋਂ ਬਾਅਦ ਅਤੇ ਸਵੇਰੇ 10 ਵਜੇ ਤੋਂ ਪਹਿਲਾਂ ਨਾਂ ਕਰਵਾਈ ਜਾਵੇ ਅਤੇ ਫਸਲ ਦੇ ਪੂਰੀ ਤਰਾਂ ਪੱਕਣ ਤੇ ਹੀ ਕਟਾਈ ਕਰਵਾਈ ਜਾਵੇ। 
  ਡਾ. ਹਰਿੰਦਰ ਸਿੰਘ ਨੇ ਕਿਹਾ ਕਿ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਜ਼ਮੀਨਾਂ ਵਿੱਚ ਕਾਰਬਾਨਿਕ ਮਾਦਾ/ਮੱਲੜ ਵਧਾਉਣਾ ਬਹੁਤ ਜ਼ਰੂਰੀ ਹੈ ਅਤੇ ਇਹ ਤਾਂ ਹੀ ਸੰਭਵ ਹੈ ਜੇਕਰ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾਵਣ ਦੀ ਬਿਜਾਏ ਖੇਤਾਂ ਵਿੱਚ ਵਾਹਿਆ ਜਾਵੇ। ਉਨਾ ਕਿਹਾ ਕਿ ਪਿਛਲੇ ਦਿਨੀਂ ਯੂ ਐਨ ਉ  ਦੀ ਅਸੈਂਬਲੀ ਵਿੱਚ ਸਵੀਡਨ ਦੀ 16 ਸਾਲਾ ਲੜਕੀ ਨੇ ਵਿਸ਼ਵ ਪੱਧਰ ਤੇ ਵਾਤਾਵਰਣ ਵਿੱਚ ਆ ਰਹੇ ਵਿਗਾੜ  ਬਾਰੇ ਸਾਰੇ ਵਿਸ਼ਵ ਦਾ ਧਿਆਨ ਖਿੱਚਿਆ ਹੈ ਅਤੇ ਕਿਹਾ ਕਿ ਭਵਿੱਖ ਦੀ ਜਵਾਨੀ ਦੀ ਸੁਰੱਖਿਆ ਲਈ ਵਾਤਾਵਰਣ ਨੂੰ ਹੋਏ ਪ੍ਰਦੂਸ਼ਿਤ ਹੋਣ ਤੋਂ ਬਚਾੳਣਾ ਪਵੇਗਾ। ਉਨਾਂ ਨੇ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਮਾੜਾ ਪ੍ਰਭਾਵ ਪੈਂਦਾ ਹੈੈ ਅਤੇ ਵਾਤਾਵਰਣ ਵੀ ਪ੍ਰਦੂਸ਼ਣ ਹੁੰਦਾ ਹੈ। ਉਨਾਂ ਨੇ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਨਹੀਂ ਸਾੜਣਾ ਚਾਹੀਦਾ ਸਗੋਂ ਖੇਤਾਂ ਵਿੱਚ ਵਾਹ ਕੇ ਹੀ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ। ਡਾ. ਮਨਦੀਪ ਕੌਰ ਨੇ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨਾ ਨਾਲ ਜਿਥੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ ਉਥੇ ਵਾਤਾਵਰਣ ਪ੍ਰਦੂਸ਼ਣ ਹੋਣ ਤੋਂ ਬਚ ਜਾਂਦਾ ਹੈ।ਅਖੀਰ ਵਿੱਚ ਅੰਸ਼ੁਮਨ ਸ਼ਰਮਾ ਨੇ ਆਏ ਕਿਸਾਨਾਂ ਅਤੇ ਖੇਤੀ ਮਾਹਿਰਾਂ ਦਾ ਧੰਨਾਵਦ ਕੀਤਾ

© 2016 News Track Live - ALL RIGHTS RESERVED