ਕਪਾਹ ਪੱਟੀ ਦੇ ਕਿਸਾਨਾਂ ਨੂੰ ਨਵੀਂ ਮੁਸੀਬਤ

Aug 14 2019 02:23 PM
ਕਪਾਹ ਪੱਟੀ ਦੇ ਕਿਸਾਨਾਂ ਨੂੰ ਨਵੀਂ ਮੁਸੀਬਤ

ਚੰਡੀਗੜ੍ਹ:

ਕਪਾਹ ਪੱਟੀ ਦੇ ਕਿਸਾਨਾਂ ਨੂੰ ਨਵੀਂ ਮੁਸੀਬਤ ਨੇ ਆ ਘੇਰਿਆ ਹੈ। ਬੀਟੀ ਕਾਟਨ ਉੱਪਰ ਹਰੇ ਤੇਲੇ ਤੇ ਚਿੱਟੀ ਮੱਖੀ ਨੇ ਅਚਾਨਕ ਹਮਲਾ ਕਰ ਦਿੱਤਾ ਹੈ। ਇਸ ਤੋਂ ਘਬਰਾ ਕੇ ਕਿਸਾਨਾਂ ਨੇ ਫ਼ਸਲ ਦੇ ਬਚਾਅ ਲਈ ਸਪਰੇਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਕਿਸਾਨਾਂ ਨੂੰ ਫਸਲ ਦੇ ਨੁਕਸਾਨ ਦਾ ਖਦਸ਼ਾ ਹੈ। ਇਸ ਲਈ ਮਹਿੰਗੇ ਭਾਅ ਕੀਟਨਾਸ਼ਕ ਖਰੀਦ ਕੇ ਸਪਰੇਅ ਕਰ ਰਹੇ ਹਨ।
ਦੂਜੇ ਪਾਸੇ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਵੇਖਾ-ਵੇਖੀ ਸਪੇਰਆਂ ਕਰਨ ਤੋਂ ਵਰਜਿਆ ਹੈ। ਮਹਿਕਮੇ ਦੇ ਮਾਹਿਰਾਂ ਨੇ ਇਸ ਹਮਲੇ ਨੂੰ ਮਾਮੂਲੀ ਮੰਨਿਆ ਹੈ। ਇਸ ਨੂੰ ਈਟੀਐਲ ਲੈਵਲ ਤੋਂ ਥੱਲੇ ਕਰਾਰ ਦਿੱਤਾ ਹੈ। ਇਸ ਦੇ ਬਾਵਜੂਦ ਕਿਸਾਨ ਸਪਰੇਅ ਕਰ ਰਹੇ ਹਨ।
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਮਾਨਸਾ ਜ਼ਿਲ੍ਹੇ ਵਿੱਚ ਖੇਤਾਂ ਦਾ ਦੌਰਾ ਕਰਨ ਮਗਰੋਂ ਦੱਸਿਆ ਕਿ ਹਰੇ ਤੇਲੇ ਤੇ ਚਿੱਟੀ ਮੱਖੀ ਦਾ ਕਿਤੇ-ਕਿਤੇ ਹਮਲਾ ਹੋ ਗਿਆ ਹੈ ਪਰ ਇਹ ਫਿਲਹਾਲ ਕਾਬੂ ਹੇਠ ਹੈ। ਇਸ ਤੋਂ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਅਜੇ ਤਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਪਾਹ ਮਾਹਿਰਾਂ ਨੇ ਨਰਮੇ ਉੱਤੇ ਕਿਸੇ ਵੀ ਕਿਸਮ ਦੇ ਰੋਗ ਤੋਂ ਬਚਾਅ ਲਈ ਕੋਈ ਦਵਾਈ ਛਿੜਕਣ ਦੀ ਸਿਫਾਰਸ਼ ਨਹੀਂ ਕੀਤੀ।
ਖੇਤੀਬਾੜੀ ਅਧਿਕਾਰੀਆਂ ਨੇ ਕਿਹਾ ਕਿ ਕਿਸਾਨ ਨਰਮੇ ’ਤੇ ਨਿੰਮ ਦੀਆਂ ਨਿਮੋਲੀਆਂ ਦੀ ਸਪਰੇਅ ਕਰ ਸਕਦੇ ਹਨ। ਉਂਝ ਖੇਤੀਬਾੜੀ ਮਹਿਕਮੇ ਦੇ ਮਹਿਰਾਂ ਨੇ ਕਿਹਾ ਕਿ ਵੈਸੇ ਨਰਮੇ ਉੱਤੇ ਰਸ ਚੂਸਣ ਵਾਲੇ ਕੀੜਿਆਂ ਵਿੱਚੋਂ ਤੇਲਾ, ਚਿੱਟੀ ਮੱਖੀ ਬਹੁਤ ਖ਼ਤਰਨਾਕ ਹਨ ਤੇ ਇਹ ਜੁਲਾਈ ਤੋਂ ਸਤੰਬਰ ਦੇ ਮਹੀਨੇ ਤਕ ਇਸ ਫ਼ਸਲ ਦਾ ਨੁਕਸਾਨ ਕਰ ਸਕਦੇ ਹਨ।

© 2016 News Track Live - ALL RIGHTS RESERVED