ਭਾਰਤ-ਪਾਕਿ ਤਣਾਅ ਦਾ ਅਸਰ ਕਰਤਾਰਪੁਰ ਲਾਂਘੇ ਨਹੀਂ ਪਏਗਾ

Jun 21 2019 02:23 PM
ਭਾਰਤ-ਪਾਕਿ ਤਣਾਅ ਦਾ ਅਸਰ ਕਰਤਾਰਪੁਰ ਲਾਂਘੇ ਨਹੀਂ ਪਏਗਾ

ਨਵੀਂ ਦਿੱਲੀ:

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਪਸ਼ਟ ਕਰ ਦਿੱਤਾ ਹੈ ਕਿ ਭਾਰਤ-ਪਾਕਿ ਤਣਾਅ ਦਾ ਅਸਰ ਕਰਤਾਰਪੁਰ ਲਾਂਘੇ ਨਹੀਂ ਪਏਗਾ। ਉਨ੍ਹਾਂ ਨੇ ਆਪਣੇ ਪਾਕਿਸਤਾਨੀ ਹਮਰੁਤਬਾ ਇਮਰਾਨ ਖ਼ਾਨ ਨੂੰ ਪੱਤਰ ਭੇਜ ਕੇ ਕਰਤਾਰਪੁਰ ਲਾਂਘਾ ਛੇਤੀ ਖੋਲ੍ਹਣ ਲਈ ਕਿਹਾ ਹੈ। ਦੋਵਾਂ ਪਾਸੇ ਲਾਂਘੇ ਦਾ ਕੰਮ ਜੰਗੀ ਪੱਧਰ 'ਤੇ ਚੱਲ਼ ਰਿਹਾ ਹੈ। ਦੋਵਾਂ ਮੁਲਕਾਂ ਵਿਚਾਲੇ ਤਣਾਅ ਹੋਣ ਦੇ ਬਾਵਜੂਦ ਇਸ ਮੁੱਦੇ ਨੂੰ ਲੈ ਕੇ ਅਧਿਕਾਰੀਆਂ ਦੀਆਂ ਲਗਾਤਾਰ ਮੀਟਿੰਗਾਂ ਹੋ ਰਹੀਆਂ ਹਨ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਮੋਦੀ ਨੂੰ ਮੁੜ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ ਭੇਜੀ ਸੀ। ਇਸ ਦੇ ਜਵਾਬ ਵਿੱਚ ਮੋਦੀ ਨੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਰਤਾਰਪੁਰ ਲਾਂਘਾ ਛੇਤੀ ਖੋਲ੍ਹਣ ਲਈ ਕਿਹਾ ਹੈ। ਵਿਦੇਸ਼ ਮੰਤਰਾਲੇ ਮੁਤਾਬਕ ਮੋਦੀ ਨੇ ਇਮਰਾਨ ਖ਼ਾਨ ਨੂੰ 12 ਜੂਨ ਨੂੰ ਇਹ ਪੱਤਰ ਲਿਖਿਆ ਹੈ।
ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਵੀਸ਼ ਕੁਮਾਰ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਸਬੰਧੀ ਭਾਰਤ ਤੇ ਪਾਕਿਸਤਾਨ ਦੇ ਅਧਿਕਾਰੀਆਂ ਵਿਚਕਾਰ ਤਿੰਨ ਤਕਨੀਕੀ ਪੱਧਰ ਦੇ ਵਿਚਾਰ ਵਟਾਂਦਰੇ ਹੋ ਚੁੱਕੇ ਹਨ। ਪਾਕਿਸਤਾਨ ਤੋਂ ਸਪੱਸ਼ਟੀਕਰਨ ਮੰਗੇ ਗਏ ਹਨ ਜਿਸ ਦੇ ਜਵਾਬ ਦੀ ਭਾਰਤ ਵੱਲੋਂ ਉਡੀਕ ਕੀਤੀ ਜਾ ਰਹੀ ਹੈ। ਰਵੀਸ਼ ਕੁਮਾਰ ਨੇ ਕਿਹਾ ਕਿ ਭਾਰਤ ਸਰਕਾਰ ਲਾਂਘਾ ਬਣਾਉਣ ਦੀ ਸ਼ਰਧਾਲੂਆਂ ਦੀ ਲੰਬੇ ਸਮੇਂ ਤੋਂ ਮੰਗ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲਾਂਘੇ ਨੂੰ ਪੂਰਾ ਕਰਨ ਲਈ ਪੁਖ਼ਤਾ ਕਦਮ ਉਠਾਏਗੀ।

© 2016 News Track Live - ALL RIGHTS RESERVED