ਉਮਰ ਕੈਦ ਹੋਣ ਮਗਰੋਂ ਸੱਜਣ ਕੁਮਾਰ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ

Dec 18 2018 03:21 PM
ਉਮਰ ਕੈਦ ਹੋਣ ਮਗਰੋਂ ਸੱਜਣ ਕੁਮਾਰ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ

ਨਵੀਂ ਦਿੱਲੀ:

ਸਿੱਖ ਕਤਲੇਆਮ ਦੇ ਕੇਸ ਵਿੱਚ ਉਮਰ ਕੈਦ ਹੋਣ ਮਗਰੋਂ ਸੱਜਣ ਕੁਮਾਰ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ। ਉਸ ਨੇ ਮੰਗਲਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਚਿੱਠੀ ਲਿਖ ਕੇ ਪਾਰਟੀ ਦੀ ਮੁੱਢਲੀ ਮੈਂਬਰਸਿਪ ਤੋਂ ਅਸਤੀਫਾ ਦੇ ਦਿੱਤਾ ਹੈ।
ਸੱਜਣ ਕੁਮਾਰ ਨੂੰ ਸਜ਼ਾ ਨਾਲ ਕਾਂਗਰਸ ਕਸੂਤੀ ਘਿਰ ਗਈ ਹੈ। ਅਦਾਲਤ ਨੇ ਫੈਸਲਾ ਸੁਣਾਉਂਦਿਆਂ ਸਪਸ਼ਟ ਕਿਹਾ ਹੈ ਕਿ 1984 ਵਿੱਚ ਸਿਆਸੀ ਸਰਪ੍ਰਸਤੀ ਹੇਠ ਹੀ ਦਰਿੰਦਗੀ ਦਾ ਨਾਚ ਹੋਇਆ ਸੀ। ਬੇਸ਼ੱਕ ਸੱਜਣ ਕੁਮਾਰ ਨੇ ਅਸਤੀਫਾ ਦੇ ਦਿੱਤਾ ਹੈ ਪਰ ਕਾਂਗਰਸ ਨੂੰ ਇਸ ਬਾਰੇ ਜਨਤਾ ਦੀ ਕਚਹਿਰੀ ਵਿੱਚ ਜਵਾਬ ਦੇਣਾ ਔਖਾ ਹੋਏਗਾ।
ਯਾਦ ਰਹੇ ਦਿੱਲੀ ਹਾਈਕੋਰਟ ਨੇ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਦੌਰਾਨ ਦਿੱਲੀ 'ਚ ਪੰਜ ਸਿੱਖਾਂ ਦੇ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਸ ਦੇ ਨਾਲ ਹੀ ਅਦਾਲਤ ਨੇ ਕੈਪਟਨ ਭਾਗਮਲ, ਗਿਰਧਾਰੀ ਲਾਲ ਤੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਅਦਾਲਤ ਨੇ ਦੋ ਹੋਰ ਦੋਸ਼ੀਆਂ ਕਿਸ਼ਨ ਖੋਖਰ ਤੇ ਸਾਬਕਾ ਵਕੀਲ ਮਹਿੰਦਰ ਯਾਦਵ ਦੀ ਸਜ਼ਾ 3 ਸਾਲ ਤੋਂ ਵਧਾ ਕੇ 10 ਸਾਲ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਪਹਿਲੀ ਨਵੰਬਰ 1984 ਵਿੱਚ ਭੀੜ ਨੇ ਦਿੱਲੀ ਕੈਂਟ ਦੇ ਰਾਜ ਨਗਰ ਇਲਾਕੇ ਵਿੱਚ ਜਗਦੀਸ਼ ਕੌਰ ਦੇ ਘਰ ’ਤੇ ਹਮਲਾ ਕੀਤਾ ਸੀ। ਸੱਜਣ ਕੁਮਾਰ ’ਤੇ ਇਲਜ਼ਾਮ ਸੀ ਕਿ ਉਹ ਵੀ ਉਸ ਭੀੜ ਵਿੱਚ ਸ਼ਾਮਲ ਸੀ। 30 ਅਪ੍ਰੈਲ 2013 ਨੂੰ ਦਿੱਲੀ ਦੀ ਕੜਕੜਡੂਮਾ ਅਦਾਲਤ ਨੇ ਇਸ ਕਤਲੇਆਮ ਲਈ 5 ਜਣਿਆਂ ਨੂੰ ਦੋਸ਼ੀ ਠਹਿਰਾਇਆ ਸੀ। ਇਸ ਵਿੱਚ ਸਾਬਕਾ ਕਾਂਗਰਸੀ ਵਿਧਾਇਕ ਮਹਿੰਦਰ ਯਾਦਵ ਨੂੰ ਉਮਰ ਕੈਦ ਤੇ ਕੌਂਸਲਰ ਬਲਵਾਨ ਖੋਖਰ ਤੇ 3 ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਸੱਜਣ ਕੁਮਾਰ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਸੀ।
ਯਾਦ ਰਹੇ ਕਿ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਨਵੰਬਰ 1984 ਦੌਰਾਨ ਦਿੱਲੀ ਸਣੇ ਭਾਰਤ ਦੇ ਕਈ ਸ਼ਹਿਰਾਂ ਵਿੱਚ ਹੋਏ ਸਿੱਖ ਕਤਲੇਆਮ ਵਿੱਚ ਕਾਂਗਰਸ ਦੇ ਕਈ ਵੱਡੇ ਆਗੂਆਂ ਦੇ ਨਾਂ ਸਾਹਮਣੇ ਆਏ ਸਨ।

© 2016 News Track Live - ALL RIGHTS RESERVED