ਅਮਰਨਾਥ ਯਾਤਰਾ ਨੂੰ ਰੋਕੇ ਜਾਣ 'ਤੇ ਪੰਜਾਬ ਸਰਕਾਰ ਵੀ ਚੌਕੰਨੀ

Aug 03 2019 03:24 PM
ਅਮਰਨਾਥ ਯਾਤਰਾ ਨੂੰ ਰੋਕੇ ਜਾਣ 'ਤੇ ਪੰਜਾਬ ਸਰਕਾਰ ਵੀ ਚੌਕੰਨੀ

ਪਠਾਨਕੋਟ:

ਜੰਮੂ-ਕਸ਼ਮੀਰ ਵਿੱਚ ਅਮਰਨਾਥ ਯਾਤਰਾ ਨੂੰ ਰੋਕੇ ਜਾਣ 'ਤੇ ਪੰਜਾਬ ਸਰਕਾਰ ਵੀ ਚੌਕੰਨੀ ਹੋ ਗਈ ਹੈ। ਕੱਲ੍ਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਠਾਨਕੋਟ ਪ੍ਰਸ਼ਾਸਨ ਨੂੰ ਯਾਤਰੀਆਂ ਦੀ ਵਾਪਸੀ 'ਤੇ ਉਨ੍ਹਾਂ ਦੀ ਸੁਰੱਖਿਆ ਲਈ ਸਖ਼ਤ ਪ੍ਰਬੰਧ ਕਰਨ ਲਈ ਕਿਹਾ ਸੀ, ਜਿਸ ਤੋਂ ਬਾਅਦ ਪਠਾਨਕੋਟ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਪਠਾਨਕੋਟ ਪੁਲਿਸ ਵੱਲੋਂ ਜੰਮੂ-ਕਸ਼ਮੀਰ ਨਾਲ ਲੱਗਦੀਆਂ ਪੰਜਾਬ ਦੀਆਂ ਸਰਹੱਦਾਂ 'ਤੇ ਹਾਈ ਅਲਰਟ ਕਰ ਦਿੱਤਾ ਹੈ। ਪੁਲਿਸ ਨਾਕਿਆਂ 'ਤੇ ਚੌਕਸੀ ਵਧਾਈ ਗਈ ਹੈ।
ਇਸ ਦੇ ਨਾਲ ਹੀ ਯਾਤਰਾ ਤੋਂ ਮੁੜ ਕੇ ਪਠਾਨਕੋਟ ਵੱਲ ਆ ਰਹੇ ਸ਼ਰਧਾਲੂਆਂ ਤੇ ਸੈਲਾਨੀਆਂ ਲਈ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਭਾਰੀ ਪੁਲਿਸ ਫੋਰਸ ਨਾਲ ਲੰਗਰਾਂ ਦੇ ਪ੍ਰਬੰਧਾਂ ਤੇ ਹੋਰ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਹਨ। ਪਠਾਨਕੋਟ ਆ ਰਹੇ ਸ਼ਰਧਾਲੂਆਂ ਦੇ ਠਹਿਰਨ ਲਈ ਵੀ ਉੱਚਿਤ ਪ੍ਰਬੰਧ ਕੀਤੇ ਗਏ ਹਨ। ਹਾਲਾਂਕਿ ਯਾਤਰਾ ਰੋਕੇ ਜਾਣ 'ਤੇ ਸ਼ਰਧਾਲੂਆਂ ਵਿੱਚ ਮਾਯੂਸੀ ਵੇਖਣ ਨੂੰ ਮਿਲ ਰਹੀ ਹੈ।
ਦੱਸ ਦੇਈਏ ਜਾਣਕਾਰੀ ਮਿਲੀ ਸੀ ਕਿ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਅਮਰਨਾਥ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਆਪਣਾ ਨਿਸ਼ਾਨਾ ਬਣਾ ਸਕਦੇ ਹਨ। ਇਸ ਕਰਕੇ ਯਾਤਰਾ ਰੋਕ ਦਿੱਤੀ ਗਈ ਹੈ। ਇਸ ਤੋਂ ਬਾਅਦ ਪੰਜਾਬ ਤੋਂ ਜੰਮੂ-ਕਸ਼ਮੀਰ ਦੀਆਂ ਸਰਹੱਦਾਂ ਕਰਕੇ ਪੰਜਾਬ ਸਰਕਾਰ ਵੱਲੋਂ ਵੀ ਪਠਾਨਕੋਟ ਪ੍ਰਸ਼ਾਸਨ ਨੂੰ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਕਿ ਜੰਮੂ ਕਸ਼ਮੀਰ ਤੋਂ ਆਉਣ ਵਾਲੇ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਏ। ਉਨ੍ਹਾਂ ਦੇ ਠਹਿਰਨ ਦਾ ਪ੍ਰਬੰਧ ਕੀਤਾ ਜਾਏ।

© 2016 News Track Live - ALL RIGHTS RESERVED